ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਦੀ ਗੁੰਡਾਗਰਦੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ‘ਤੇ ਤਿੱਖਾ ਹਮਲਾ ਕੀਤਾ ਹੈ। ਸੁਖਜਿੰਦਰ ਰੰਧਾਵਾ ਦੇ ਪੁੱਤਰ ਨੇ ਆਪਣੇ ਪਿਤਾ ਦੀ ਸੁਰੱਖਿਆ ਦੀ ਦੁਰਵਰਤੋਂ ਕਰਦਿਆਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ।
‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਲੋਕ ਹੁਣ ‘ਸਾਬਕਾ’ ਹਨ ਅਤੇ ਇਨ੍ਹਾਂ ਕੋਲ ਕੋਈ ਤਾਕਤ ਨਹੀਂ ਹੈ ਪਰ ਫਿਰ ਵੀ ਇਨ੍ਹਾਂ ਦੇ ਪੁੱਤਰ/ਪਰਿਵਾਰਕ ਮੈਂਬਰ ਗੁੰਡਿਆਂ ਵਾਂਗ ਵਿਵਹਾਰ ਕਰ ਰਹੇ ਹਨ ਅਤੇ ਆਮ ਲੋਕਾਂ ਨਾਲ ਇਸ ਤਰ੍ਹਾਂ ਦੁਰਵਿਵਹਾਰ ਕਰ ਰਹੇ ਹਨ। ਸੱਤਾ ਵਿਚ ਰਹਿੰਦਿਆਂ ਉਹ ਕਿਸ ਤਰ੍ਹਾਂ ਦਾ ਵਿਵਹਾਰ ਕਰਦੇ ਸਨ, ਇਸ ਦਾ ਅੰਦਾਜ਼ਾਇਸ ਤੋਂ ਲਗਾਇਆ ਜਾ ਸਕਦਾ ਹੈ।
ਕੰਗ ਨੇ ਕਿਹਾ ਕਿ ਹੁਣ ਜਦੋਂ ਮਾਨ ਸਰਕਾਰ ਪੰਜਾਬ ਵਿੱਚ ਅਜਿਹੀਆਂ ਗੁੰਡਾਗਰਦੀ ਦੀਆਂ ਕਾਰਵਾਈਆਂ ਦੀ ਇਜਾਜ਼ਤ ਨਹੀਂ ਦਿੰਦੀ ਤਾਂ ਇਹ ਲੋਕ ਚੰਡੀਗੜ੍ਹ ਚਲੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਕਿ ਰੰਧਾਵਾ ਦਾ ਪੁੱਤਰ ਗੁੰਡਾ ਹੈ ਕਿਉਕਿ ਉਸ ਦਾ ਪਿਤਾ ਖੁਦ ਜੇਲ੍ਹ ਮੰਤਰੀ ਅਤੇ ਸੂਬੇ ਦਾ ਡਿਪਟੀ ਸੀਐਮ ਹੁੰਦਿਆਂ ਅੰਸਾਰੀ ਵਰਗੇ ਗੈਂਗਸਟਰਾਂ ਦੀ ਸਰਪ੍ਰਸਤੀ ਕਰ ਰਿਹਾ ਸੀ।